Viewing:

2 ਕੁਰਿੰਥੀ 2-corinthians 6

Select a Chapter

1ਅਸੀਂ ਉਸ ਦੇ ਨਾਲ ਕੰਮ ਕਰਦੇ ਹੋਏ ਤੁਹਾਡੇ ਅੱਗੇ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਦੀ ਕਿਰਪਾ ਨੂੰ ਵਿਅਰਥ ਨਾ ਜਾਣੋ। 2ਕਿਉਂ ਜੋ ਪਰਮੇਸ਼ੁਰ ਆਖਦਾ ਹੈ ਜੋ ਮੈਂ ਮਨਭਾਉਂਦੇ ਸਮੇਂ ਵਿੱਚ ਤੇਰੀ ਸੁਣੀ ਅਤੇ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ। ਵੇਖੋ, ਹੁਣ ਹੀ ਮਨ ਭਾਉਂਦਾ ਸਮਾਂ ਹੈ, ਵੇਖੋ, ਹੁਣ ਹੀ ਮੁਕਤੀ ਦਾ ਦਿਨ ਹੈ!

ਪੌਲੁਸ ਦੀ ਮਿਹਨਤ

3ਅਸੀਂ ਕਿਸੇ ਗੱਲ ਵਿੱਚ ਠੋਕਰ ਨਹੀਂ ਖੁਆਉਂਦੇ ਕਿ ਕਿਤੇ ਇਸ ਸੇਵਕਾਈ ਉੱਤੇ ਦੋਸ਼ ਨਾ ਆਵੇ। 4ਪਰ ਜਿਸ ਪ੍ਰਕਾਰ ਪਰਮੇਸ਼ੁਰ ਦੇ ਸੇਵਕਾਂ ਨੂੰ ਯੋਗ ਹੈ ਤਿਵੇਂ ਅਸੀਂ ਹਰ ਇੱਕ ਗੱਲ ਤੋਂ ਆਪਣੇ ਲਈ ਪ੍ਰਮਾਣ ਦਿੰਦੇ ਹਾਂ ਅਰਥਾਤ ਵੱਡੇ ਸਹਾਰੇ ਤੋਂ, ਬਿਪਤਾ ਤੋਂ, ਜ਼ਰੂਰਤਾਂ ਤੋਂ, ਤੰਗੀਆਂ ਤੋਂ, 5ਕੋਰੜੇ ਖਾਣ ਤੋਂ, ਕੈਦ ਤੋਂ, ਹੰਗਾਮਿਆਂ ਤੋਂ, ਮਿਹਨਤਾਂ ਤੋਂ, ਉਣੀਂਦਿਆਂ ਤੋਂ, ਵਰਤ ਰੱਖਣ ਤੋਂ, 6ਖਰਿਆਈ ਤੋਂ, ਗਿਆਨ ਤੋਂ, ਧੀਰਜ ਤੋਂ, ਦਿਆਲਗੀ ਤੋਂ, ਪਵਿੱਤਰ ਆਤਮਾ ਤੋਂ, ਨਿਸ਼ਕਪਟ ਪਿਆਰ ਤੋਂ, 7ਸਚਿਆਈ ਦੇ ਬਚਨ ਤੋਂ, ਪਰਮੇਸ਼ੁਰ ਦੀ ਸਮਰੱਥਾ ਤੋਂ, ਧਰਮ ਦੇ ਹਥਿਆਰਾਂ ਨਾਲ ਜਿਹੜੇ ਸੱਜੇ ਖੱਬੇ ਹਨ। 8ਇੱਜ਼ਤ ਅਤੇ ਬੇਪਤੀ ਨਾਲ, ਆਦਰ ਅਤੇ ਨਿਰਾਦਰ ਨਾਲ, ਛਲ ਕਰਨ ਵਾਲੇ ਜਿਹੇ ਪਰ ਸੱਚੇ ਹਾਂ, 9ਅਣਜਾਣਿਆਂ ਵਰਗੇ ਪਰ ਉਜਾਗਰ ਹਾਂ, ਮਰਿਆਂ ਵਰਗੇ ਪਰ ਵੇਖੋ ਜਿਉਂਦੇ ਹਾਂ, ਤਾੜੇ ਜਾਂਦਿਆਂ ਵਰਗੇ ਪਰ ਜਾਨੋਂ ਨਹੀਂ ਮਾਰੇ ਜਾਂਦੇ, 10ਉਦਾਸਾਂ ਵਰਗੇ ਪਰ ਸਦਾ ਅਨੰਦ ਕਰਦੇ ਹਾਂ, ਗਰੀਬਾਂ ਵਰਗੇ ਪਰ ਬਹੁਤਿਆਂ ਨੂੰ ਧਨੀ ਬਣਾਉਂਦੇ ਹਾਂ, ਕੰਗਾਲਾਂ ਵਰਗੇ ਪਰ ਸੱਭੋ ਕੁਝ ਦੇ ਮਾਲਕ ਹਾਂ।

11ਹੇ ਕੁਰਿੰਥੀਓ, ਸਾਡਾ ਮੂੰਹ ਤੁਹਾਡੇ ਵੱਲ ਖੁੱਲ੍ਹਾ ਹੈ, ਸਾਡਾ ਦਿਲ ਵੱਡਾ ਹੈ। 12ਸਾਡੇ ਵਿੱਚ ਤੁਹਾਡੇ ਲਈ ਕੋਈ ਰੁਕਾਵਟ ਨਹੀਂ ਪਰ ਤੁਹਾਡੇ ਹੀ ਦਿਲਾਂ ਵਿੱਚ ਰੁਕਾਵਟ ਹੈ। 13ਹੁਣ ਉਸ ਦੇ ਬਦਲੇ ਤੁਸੀਂ ਵੀ ਖੁੱਲ੍ਹੇ ਦਿਲ ਦੇ ਹੋਵੋ। ਮੈਂ ਤਾਂ ਤੁਹਾਨੂੰ ਬੱਚਿਆਂ ਵਾਂਗੂੰ ਆਖਦਾ ਹਾਂ।

ਮੂਰਤੀ ਪੂਜਾ ਦੇ ਵਿਰੁੱਧ ਚਿਤਾਵਨੀ

14ਤੁਸੀਂ ਅਵਿਸ਼ਵਾਸੀਆਂ ਨਾਲ ਨਾ ਬਰਾਬਰੀ ਦੇ ਜੂਲੇ ਵਿੱਚ ਨਾ ਜੁੱਤੋ ਕਿਉਂ ਜੋ ਧਰਮ ਅਤੇ ਕੁਧਰਮ ਵਿੱਚ ਕੀ ਸਾਂਝ ਹੈ? ਅਤੇ ਚਾਨਣ ਦਾ ਹਨ੍ਹੇਰੇ ਨਾਲ ਕੀ ਮੇਲ ਹੈ? 15ਅਤੇ ਮਸੀਹ ਦਾ ਸ਼ੈਤਾਨ ਦੇ ਨਾਲ ਕੀ ਮਿਲਾਪ ਹੈ, ਅਥਵਾ ਵਿਸ਼ਵਾਸੀ ਦਾ ਅਵਿਸ਼ਵਾਸੀ ਨਾਲ ਕੀ ਹਿੱਸਾ ਹੈ? 16ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ - ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ। 17ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਵੱਖਰੇ ਹੋਵੋ, ਪ੍ਰਭੂ ਆਖਦਾ ਹੈ ਕਿਸੇ ਅਸ਼ੁੱਧ ਵਸਤੂ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ, 18ਅਤੇ ਤੁਹਾਡਾ ਪਿਤਾ ਹੋਵਾਂਗਾ ਅਤੇ ਤੁਸੀਂ ਮੇਰੇ ਪੁੱਤਰ ਅਤੇ ਧੀਆਂ ਹੋਵੋਗੇ। ਇਹ ਬਚਨ ਸਰਬ ਸ਼ਕਤੀਮਾਨ ਪ੍ਰਭੂ ਦਾ ਹੈ।